
ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਮਿਲ ਕੇ ਹਰ ਹੰਭਲਾ ਮਾਰਨ ਦੀ ਲੋੜ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ
ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਰਾਸ਼ਟਰੀ ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਡੇਂਗੂ, ਚਿਕਨਗੁਨੀਆ, ਮਲੇਰੀਆ ਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਅੱਜ ਇੰਟਰ ਸੈਕਟੋਰਲ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਸਿਹਤ ਵਿਭਾਗ ਤੋਂ ਇਲਾਵਾ ਸਿੱਖਿਆ ਵਿਭਾਗ, ਨਗਰ ਕੌਂਸਲ, ਪੰਚਾਇਤ ਰਾਜ ਵਿਭਾਗ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਰਾਸ਼ਟਰੀ ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਡੇਂਗੂ, ਚਿਕਨਗੁਨੀਆ, ਮਲੇਰੀਆ ਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਅੱਜ ਇੰਟਰ ਸੈਕਟੋਰਲ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਸਿਹਤ ਵਿਭਾਗ ਤੋਂ ਇਲਾਵਾ ਸਿੱਖਿਆ ਵਿਭਾਗ, ਨਗਰ ਕੌਂਸਲ, ਪੰਚਾਇਤ ਰਾਜ ਵਿਭਾਗ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੀਟਿੰਗ ਵਿਚ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਦਾ ਕੋਈ ਕੇਸ ਰਿਪੋਰਟ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਮਿਲ ਕੇ ਹਰ ਹੰਭਲਾ ਮਾਰਨ ਦੀ ਲੋੜ ਹੈ। ਅਗਲੇ ਮਹੀਨੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਸਮੇਤ ਸਮੂਹ ਭਾਈਵਾਲ ਵਿਭਾਗਾਂ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਨਿਰੰਤਰ ਸਰਵੇਖਣ, ਜਾਂਚ ਤੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣ। ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮਨਾਇਆ ਜਾਵੇ, ਜਿਸ ਤਹਿਤ ਡੇਂਗੂ ਤੋਂ ਬਚਾਅ ਲਈ ਹਫ਼ਤੇ ਵਿਚ ਇਕ ਵਾਰ ਕੂਲਰਾਂ, ਫਰਿੱਜ਼ ਦੀ ਟਰੇਅ ਤੇ ਗਮਲਿਆਂ ਦੀ ਸਫਾਈ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ ਘਰਾਂ ਦੀਆਂ ਛੱਤਾਂ 'ਤੇ ਪਏ ਕਬਾੜ ਦੇ ਸਮਾਨ, ਪੁਰਾਣੇ ਟਾਇਰਾਂ, ਡਿਸਪੋਜੇਬਲ ਕੱਪ, ਗਲਾਸ, ਪਲੇਟਾਂ ਆਦਿ ਵਿਚ ਪਾਣੀ ਇਕੱਤਰ ਨਾ ਹੋਣ ਦਿੱਤਾ ਜਾਵੇ, ਕਿਉਂਕਿ ਡੇਂਗੂ ਦਾ ਮੱਛਰ ਥੋੜ੍ਹੇ ਜਿਹੇ ਪਾਣੀ ਵਿਚ ਵੀ ਪਲ਼ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਮੱਦੇਨਜ਼ਰ ਅਗਲੇ ਮਹੀਨੇ ਬਹੁਤ ਮਹੱਤਵਪੂਰਨ ਹਨ, ਇਸ ਲਈ ਘਰ-ਘਰ ਜਾ ਕੇ ਲਾਰਵਾ ਚੈੱਕ ਕੀਤਾ ਜਾਵੇ। ਸ਼ਹਿਰਾਂ ਤੇ ਪਿੰਡਾਂ ਵਿਚ ਛੱਪੜਾਂ ਵਿਚ ਗੰਬੂਜੀਆ ਮੱਛੀਆਂ ਛੱਡੀਆਂ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਜਾਗਰੂਕ ਅਭਿਆਨ ਚਲਾਏ ਜਾਣ ਨੂੰ ਯਕੀਨੀ ਬਣਾਇਆ ਜਾਵੇ।ਸ. ਰੰਧਾਵਾ ਨੇ ਮਿਊਂਸੀਪਲ ਕਮੇਟੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਜਿਹੜੇ ਘਰਾਂ/ਅਦਾਰਿਆਂ ਵਿਚੋਂ ਇਕ ਤੋਂ ਵੱਧ ਵਾਰ ਲਾਰਵਾ ਮਿਲਦਾ ਹੈ, ਉਨ੍ਹਾਂ ਨੂੰ ਜੁਰਮਾਨਾ ਕੀਤਾ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਨੇ ਜ਼ਿਲ੍ਹੇ ਵਿਚ ਡੇਂਗੂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨ ਲਈ ਗਤੀਵਿਧੀਆਂ ਚਲਾ ਰਿਹਾ ਹੈ। ਸਿਵਲ ਸਰਜਨ ਨੇ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਘਰ-ਘਰ ਸਰਵੇ ਸਮੇਂ ਸਿਹਤ ਮਹਿਕਮੇ ਦੀਆਂ ਟੀਮਾਂ ਨੂੰ ਸਹਿਯੋਗ ਦੇਣ। ਉਨ੍ਹਾਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਹਰੇਕ ਹਫਤੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ ਵਿਚੋਂ ਪਾਣੀ ਕੱਢਣ ਉਪਰੰਤ ਸੁੱਕਾ ਕੇ ਵਰਤੋਂ ਵਿਚ ਲਿਆਉਣ ਤੇ ਗਮਲਿਆਂ ਸਮੇਤ ਪੁਰਾਣੇ ਪਏ ਕਬਾੜ, ਟਾਇਰ ਆਦਿ ਅਤੇ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਤਰ ਨਾ ਹੋਣ ਦੇਣ ਤਾਂ ਜੋ ਡੇਂਗੂ ਦਾ ਮੱਛਰ ਨਾ ਪਣਪ ਸਕੇ।
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਡੇਂਗੂ ਪ੍ਰਤੀ ਜਾਗਰੂਕਤਾ, ਰੋਕਥਾਮ, ਇਲਾਜ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮੌਸਮ ਵਿੱਚ ਤਬਦੀਲੀ ਹੋਣ ਨਾਲ ਡੇਂਗੂ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ।
ਮੀਟਿੰਗ ਦੇ ਅੰਤ ਵਿਚ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ ਤੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਹੋਰ ਅਧਿਕਾਰੀਆਂ ਨੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਪੋਸਟਰ ਵੀ ਰਿਲੀਜ਼ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਸਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ ਤੇ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
