ਹਰ ਜ਼ਿਲ੍ਹੇ 'ਚ ਜਾ ਕੇ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਨਿਪਟਾਰਾ : ਚੰਦਰੇਸ਼ਵਰ ਸਿੰਘ ਮੋਹੀ
ਪਟਿਆਲਾ, 22 ਅਗਸਤ - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪੁੱਜੀਆਂ 30 ਸ਼ਿਕਾਇਤਾਂ ਬਾਬਤ ਸੁਣਵਾਈ ਕਰਨ ਲਈ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕੀਤੀ। ਇਸ ਤੋਂ ਪਹਿਲਾਂ ਕਮਿਸ਼ਨ ਦੇ ਮੈਂਬਰ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨਾਲ ਵੀ ਮੀਟਿੰਗ ਕੀਤੀ ਗਈ।

ਚੰਦਰੇਸ਼ਵਰ ਸਿੰਘ ਮੋਹੀ ਨੇ ਵੱਖ-ਵੱਖ ਸ਼ਿਕਾਇਤਾਂ ਦੀ ਸੁਣਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਆਂ ਪ੍ਰਬੰਧ ਅਜਿਹੇ ਪੁਖ਼ਤਾ ਕੀਤੇ ਜਾਣ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਨਿਆਂ ਲੈਣ ਲਈ ਕਮਿਸ਼ਨ ਤਕ ਜਾਣ ਦੀ ਲੋੜ ਹੀ ਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਲੋਕਾਂ 'ਚ ਜਾ ਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ ਉਸੇ ਤਰ੍ਹਾਂ ਕਮਿਸ਼ਨ ਵੱਲੋਂ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਮਿਸ਼ਨ ਮੈਂਬਰ ਨੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜ਼ਿਆਦਤੀ ਨਾ ਹੋਣ ਦਿੱਤੀ ਜਾਵੇ ਅਤੇ ਗਰੀਬਾਂ ਤੇ ਲੋੜਵੰਦਾਂ ਨੂੰ ਤੁਰੰਤ ਨਿਆਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ। ਇਸ ਉਪਰੰਤ ਉਨ੍ਹਾਂ ਨਾਭਾ ਵਿਖੇ ਵੀ ਸ਼ਿਕਾਇਤਾਂ ਸੁਣੀਆਂ।
ਮੀਟਿੰਗ ਦੌਰਾਨ ਏ.ਡੀ.ਸੀ. (ਜ) ਮੈਡਮ ਕੰਚਨ, ਡੀ.ਐਸ.ਪੀ. ਮਨੋਜ ਗੋਰਸੀ, ਡੀ.ਆਰ.ਓ. ਗੁਰਲੀਨ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਕਮਿਸ਼ਨ ਦੇ ਸੁਪਰਡੈਂਟ ਸਰਬਜੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ ਸਮੇਤ ਹੋਰ ਵੀ ਮੌਜੂਦ ਸਨ।