
ਕਾਲਜ ਆਫ ਡੇਅਰੀ ਅਤੇ ਫ਼ੂਡ ਸਾਇੰਸ ਤਕਨਾਲੋਜੀ ਵਿਖੇ ਵਿਦਿਆਰਥੀਆਂ ਲਈ ਕੀਤਾ ਗਿਆ ਓਰੀਐਂਟੇਸ਼ਨ ਪ੍ਰੋਗਰਾਮ
ਲੁਧਿਆਣਾ 07 ਸਤੰਬਰ 2024 - ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਾਲਜ ਆਫ ਡੇਅਰੀ ਅਤੇ ਫ਼ੂਡ ਸਾਇੰਸ ਤਕਨਾਲੋਜੀ ਦੇ ਬੀ.ਟੈਕ ਡੇਅਰੀ ਤਕਨਾਲੋਜੀ ਅਤੇ ਬੀ.ਟੈਕ ਫ਼ੂਡ ਸਾਇੰਸ ਤਕਨਾਲੋਜੀ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਕਹਿਣ ਲਈ ਇਕ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਲੁਧਿਆਣਾ 07 ਸਤੰਬਰ 2024 - ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਾਲਜ ਆਫ ਡੇਅਰੀ ਅਤੇ ਫ਼ੂਡ ਸਾਇੰਸ ਤਕਨਾਲੋਜੀ ਦੇ ਬੀ.ਟੈਕ ਡੇਅਰੀ ਤਕਨਾਲੋਜੀ ਅਤੇ ਬੀ.ਟੈਕ ਫ਼ੂਡ ਸਾਇੰਸ ਤਕਨਾਲੋਜੀ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਕਹਿਣ ਲਈ ਇਕ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਡੀਨ, ਡਾ. ਰਾਮ ਸਰਨ ਸੇਠੀ ਨੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿਖੇ ਉਪਲਬਧ ਅਕਾਦਮਿਕ ਢਾਂਚਾ, ਨਿਯਮਾਂ ਅਤੇ ਕਲਾਤਮਕ ਤੇ ਸੱਭਿਆਚਾਰਕ ਗਤੀਵਿਧੀਆਂ ਬਾਰੇ ਜਾਣੂ ਕਰਵਾਉਣਾ ਸੀ। ਡਾ. ਸੇਠੀ ਨੇ ਅਕਾਦਮਿਕ ਉਤਮਤਾ, ਨਵੀਨਤਾ ਅਤੇ ਅਗਵਾਈ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਬਾਰੇ ਦੱਸਦਿਆਂ ਹੋਇਆਂ ਇਕ ਪ੍ਰੇਰਕ ਭਾਸ਼ਣ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਉਪਰਾਲਿਆਂ ਬਾਰੇ ਚਾਨਣਾ ਪਾਉਂਦਿਆਂ ਆਧੁਨਿਕ ਖੋਜ, ਉਦਯੋਗਿਕ ਸਹਿਯੋਗ ਅਤੇ ਉਦਮੀਪਨ ਬਾਰੇ ਦੱਸਿਆ।
ਡਾ. ਅਮਨਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਅਕਾਦਮਿਕ ਸਫ਼ਰ ਦੀ ਸ਼ੁਰੂਆਤ ਕਰਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਡਾ. ਗੋਪਿਕਾ ਤਲਵਾੜ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਅਕਾਦਮਿਕ ਨਿਯਮਾਂ, ਅਨੁਸ਼ਾਸਨ, ਹਾਜ਼ਰੀ ਅਤੇ ਹੋਰ ਨਿਯਮਾਂ ਬਾਰੇ ਜਾਣੂ ਕਰਵਾਇਆ। ਡਾ. ਰੇਖਾ ਚਾਵਲਾ ਨੇ ਯੂਨੀਵਰਸਿਟੀ ਵਿਖੇ ਹੋਣ ਵਾਲੀਆਂ ਸੱਭਿਆਚਾਰਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਵਿਚ ਭਾਗ ਲੈਣ ਅਤੇ ਸਰਵਪੱਖੀ ਵਿਕਾਸ ਲਈ ਪ੍ਰੇਰਿਤ ਕੀਤਾ। ਡਾ. ਵਿਕਾਸ ਸਾਂਗਵਾਨ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਸਿਹਤ ਵਿਚ ਸੰਤੁਲਨ ਸਥਾਪਿਤ ਕਰਨ ਲਈ ਵੱਖ-ਵੱਖ ਖੇਡ ਸਹੂਲਤਾਂ ਅਤੇ ਗਤੀਵਿਧੀਆਂ ਬਾਰੇ ਦੱਸਿਆ। ਡਾ. ਨਰਿੰਦਰ ਨੇ ਕੌਮੀ ਸੇਵਾ ਯੋਜਨਾ ਦੀ ਭੂਮਿਕਾ ਅਤੇ ਮਹੱਤਤਾ ਬਾਰੇ ਚਰਚਾ ਕੀਤੀ ਤੇ ਉਨ੍ਹਾਂ ਨੂੰ ਸਮਾਜ ਸੇਵਾ ਦੀਆਂ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਲਈ ਕਿਹਾ।
ਡਾ. ਇੰਦਰਪ੍ਰੀਤ ਕੌਰ ਨੇ ਯੂਨੀਵਰਸਿਟੀ ਦੀ ਰੈਗਿੰਗ ਵਿਰੋਧੀ ਮੁਹਿੰਮ ਦੌਰਾਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਬਾਰੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਡਾ. ਪ੍ਰਣਵ ਕੁਮਾਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਉਤਸ਼ਾਹ ਵਧਾਊ ਸ਼ਮੂਲੀਅਤ ਲਈ ਧੰਨਵਾਦ ਕੀਤਾ।
ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਸਮਾਗਮ ਦੇ ਆਯੋਜਨ ਵਿਚ ਕਾਲਜ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਡੇਅਰੀ ਤੇ ਫ਼ੂਡ ਤਕਨਾਲੋਜੀ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਭਵਿੱਖ ਦੇ ਆਗੂ ਬਨਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ।
