ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 3 ਨਵੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ।

ਐਸ ਏ ਐਸ ਨਗਰ, 3 ਨਵੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ।

ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਦੇ ਇੰਨਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨ ਜੀ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ।

ਭਾਈ ਗੁਰਬਖੱਸ਼ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਗੁਰਦੀਪ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦੱਸਿਆ ਕਿ ਬਾਬਾ ਬੁੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਸੁਰਜੀਤ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।

ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 12 ਨਵੰਬਰ ਨੂੰ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।