ਅਧਿਆਪਕ ਦਿਵਸ ਮੌਕੇ ਸੰਗਰੂਰ ਵਿੱਚ ਬੇਰੁਜ਼ਗਾਰ ਅਧਿਆਪਕਾਂ ਤੇ ਹੋਇਆ ਪੁਲੀਸ ਦਾ ਲਾਠੀਚਾਰਜ ਲਾਠੀਚਾਰਜ ਦੌਰਾਨ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ

ਸੰਗਰੂਰ, 5 ਸਤੰਬਰ ‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਤੇ ਪੁਲੀਸ ਫੋਰਸ ਨੇ ਜ਼ਬਰਦਸਤ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਦੌਰਾਨ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋਏ।

ਸੰਗਰੂਰ, 5 ਸਤੰਬਰ ‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਤੇ ਪੁਲੀਸ ਫੋਰਸ ਨੇ ਜ਼ਬਰਦਸਤ ਲਾਠੀਚਾਰਜ ਕੀਤਾ।  ਇਸ ਲਾਠੀਚਾਰਜ ਦੌਰਾਨ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋਏ। ਈ ਟੀ ਟੀ ਕਾਡਰ ਦੀਆਂ 5994 ਅਸਾਮੀਆਂ ਦੀ ਭਰਤੀ ਪੂਰੀ ਕਰਵਾਉਣ ਲਈ ਪੈਰਵਾਈ ਕਰ ਰਹੀ ਈ ਟੀ ਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੀ 11 ਮੈਂਬਰੀ ਸੂਬਾ ਕਮੇਟੀ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਸਵੇਰੇ 10.30 ਵਜੇ ਵੇਰਕਾ ਪਲਾਂਟ ਸੰਗਰੂਰ ਵਿਖੇ ਇਕੱਠ ਕੀਤਾ ਗਿਆ ਅਤੇ ਬਾਅਦ ਵਿੱਚ (ਲਗਭਗ ਇੱਕ ਵਜੇ) ਮੁੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਮਾਰਚ ਆਰੰਭ ਕੀਤਾ ਗਿਆ। ਇਸ ਦੌਰਾਨ ਉੱਥੇ ਭਾਰੀ ਗਿਣਤੀ ਵਿੱਚ ਤੈਨਾਤ ਪੁਲੀਸ ਵਲੋਂ ਅਧਿਆਪਕਾਂ ਨੂੰ ਰੋਕ ਕੇ ਵਾਪਸ ਪਰਤਣ ਲਈ ਕਿਹਾ ਗਿਆ ਪਰੰਤੂ ਜਦੋਂ ਅਧਿਆਪਕ ਨਾ ਮੰਨੇ ਅਤੇ ਜਬਰਦਸਤੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਵਲੋਂ ਲਾਠੀਚਾਰਜ ਕੀਤਾ ਗਿਆ। 11 ਮੈਂਬਰੀ ਸੂਬਾ ਕਮੇਟੀ ਮੈਂਬਰ ਬਲਿਹਾਰ ਸਿੰਘ ਬੱਲੀ, ਪਰਮਪਾਲ, ਬੱਗਾ ਖੁਡਾਲ, ਕੁਲਵਿੰਦਰ ਸਿੰਘ ਬਰੇਟਾ, ਅਮਨ ਖੰਨਾ, ਹਰੀਸ਼, ਪਰਗਟ ਬੋਹਾ, ਅਰਸ਼ ਬਠਿੰਡਾ, ਪ੍ਰਿਥਵੀ ਵਰਮਾ ਅਤੇ ਬੰਟੀ ਅਬੋਹਰ ਨੇ ਦੱਸਿਆ ਕਿ 5994 ਭਰਤੀ ਪੂਰੀ ਕਰਨ ਲਈ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਵਿਭਾਗ ਦੇ ਵੱਖ-ਵੱਖ ਉੱਚ ਅਧਿਕਾਰੀਆਂ ਨਾਲ ਅਨੇਕਾਂ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਪਰੰਤੂ ਇਨ੍ਹਾਂ ਮੀਟਿੰਗਾਂ ਦੌਰਾਨ ਟਾਲ-ਮਟੋਲ ਅਤੇ ਭਰੋਸੇ ਤੋਂ ਇਲਾਵਾ ਕੁਝ ਨਹੀਂ ਮਿਲਿਆ। ਉਹਨਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਕੋਈ ਹੱਲ ਨਾ ਨਿਕਲਣ ਤੋਂ ਖਫਾ ਹੋ ਕੇ ਯੂਨੀਅਨ ਵਲੋਂ ਸੰਗਰੂਰ ਵਿਖੇ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਸੀ, ਜਿਸ ਵਿੱਚ 3000 ਅਸਾਮੀਆਂ ਫਰੈਸ਼ ਅਤੇ 2994 ਬੈਕਲਾਗ ਹੈ। ਯੂਨੀਅਨ ਦੀ ਮੰਗ ਹੈ ਕਿ ਬੈਕਲਾਗ ਪਈਆਂ 2994 ਅਸਾਮੀਆਂ ਨੂੰ ਡੀ-ਰਿਜ਼ਰਵ ਕਰ ਕੇ ਭਰਤੀ ‘ਸਿੰਗਲ ਲਿਸਟ’ ਵਿੱਚ ਪੂਰੀ ਕੀਤੀ ਜਾਵੇ। ਉਹਨਾਂ ਕਿਹਾ ਕਿ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਕਤ ਭਰਤੀ ਜੁਲਾਈ ਮਹੀਨੇ ਦੇ ਅੰਦਰ-ਅੰਦਰ ਪੂਰੀ ਕਰਨ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਦਾ ਵਾਅਦਾ ਅਜੇ ਤੱਕ ਵਫਾ ਨਹੀਂ ਹੋਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਉਕਤ 5994 ਅਧਿਆਪਕਾਂ ਨੂੰ ਜੁਲਾਈ ਮਹੀਨੇ ਦੌਰਾਨ ਸਕੂਲਾਂ ਵਿੱਚ ਜੁਆਇਨ ਕਰਵਾਉਣ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀ ਹੋਇਆ। ਉਹਨਾਂ ਕਿਹਾ ਕਿ ਈ ਟੀ ਟੀ ਕਾਡਰ ਦੀਆਂ 5994 ਅਸਾਮੀਆਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ 5 ਮਾਰਚ 2023 ਨੂੰ ਚੰਡੀਗੜ੍ਹ ਅਤੇ ਮੁਹਾਲੀ ਵਿਖੇ ਸਥਾਪਤ ਕੀਤੇ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਹੋਈ ਸੀ। ਉਕਤ ਪ੍ਰੀਖਿਆ ਨੂੰ ਲਗਭਗ 7 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਪੰਜਾਬ ਸਰਕਾਰ ਤੇ ਸਕੂਲੀ ਸਿੱਖਿਆ ਵਿਭਾਗ ਦੀਆਂ ਡੰਗ ਟਪਾਊ ਨੀਤੀਆਂ ਕਾਰਨ ਉਕਤ ਭਰਤੀ ਨੇਪਰੇ ਨਹੀ ਚੜ੍ਹ ਸਕੀ ਹੈ। ਆਗੂਆਂ ਨੇ ਕਿਹਾ ਕਿ ਆਪ ਸਰਕਾਰ ਆਉਣ ਤੋਂ ਪਹਿਲਾਂ ਬੇਰੁਜਗਾਰਾਂ ਨੂੰ ਸਰਕਾਰ ਤੋਂ ਬਹੁਤ ਉਮੀਦਾਂ ਸਨ ਪਰ ਆਪ ਸਰਕਾਰ ਸੱਤਾ ਵਿੱਚ ਆਉਣ ਦੇ ਬਾਵਜੂਦ ਵੀ ਬੇਰੁਜਗਾਰ ਸੜਕਾਂ ਤੇ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।