'ਪੰਜਾਬ 'ਚ ਨਾ ਕੋਈ ਨਹਿਰ ਬਣੇਗੀ ਤੇ ਨਾ ਹੀ ਪਾਣੀ ਬਾਹਰ ਜਾਵੇਗਾ', ਐੱਸਵਾਈਐੱਲ 'ਤੇ ਬੋਲੇ ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਐੱਸਵਾਈਐੱਲ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿਚ ਸੂਬੇ ਦਾ ਸਹੀ ਪੱਖ ਨਾ ਰੱਖਣ ਅਤੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੇ ਦੋਸ਼ ਹੇਠ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਐੱਸਵਾਈਐੱਲ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿਚ ਸੂਬੇ ਦਾ ਸਹੀ ਪੱਖ ਨਾ ਰੱਖਣ ਅਤੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੇ ਦੋਸ਼ ਹੇਠ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਸੁਖਬੀਰ ਬਾਦਲ ਨੇ ਆਪ ਆਗੂ ਸੰਜੈ ਸਿੰਘ ਦੀ ਗ੍ਰਿਫ਼ਤਾਰੀ ਨੂੰ ਬਿਲਕੁੱਲ ਸਹੀ ਦਸਦੇ ਹੋਏ ਪਾਰਟੀ ਦੇ ਮੁਖੀ ਅਤੇ ਸ਼ਰਾਬ ਪਾਲਸੀ ਦੇ ਅਸਲ ਘਾੜੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਵੀ ਮੰਗ ਕੀਤੀ ਹੈ। ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਫ਼ਦ ਨੇ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਕਿ ਮੁੱਖ ਮੰਤਰੀ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਜੋ ਰਾਈਪੇਰੀਅਨ ਸਿਧਾਂਤਾਂ ਦੀ ਉਲੰਘਣਾ ਕਰ ਕੇ ਪੰਜਾਬ ਦਾ ਪਾਣੀ ਹਰਿਆਣਾ ਤੇ ਰਾਜਸਥਾਨ ਨੂੰ ਦੇਣ ’ਤੇ ਤੁਲੇ ਹਨ, ਦੇ ਕਹਿਣ ’ਤੇ ਸੁਪਰੀਮ ਕੋਰਟ ਵਿਚ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਵਿਚੋਂ ਇਕ ਬੂੰਦ ਵੀ ਪਾਣੀ ਬਾਹਰ ਨਹੀਂ ਜਾਣ ਦੇਵੇਗਾ। ਉਨ੍ਹਾਂ ਕਿਹਾ ਕਿ 2016 ਵਿਚ ਤਤਕਾਲੀ ਬਾਦਲ ਸਰਕਾਰ ਨੇ ਨਹਿਰ ਲਈ ਐਕਵਾਇਰ ਜ਼ਮੀਨ ਅਸਲ ਕਿਸਾਨ ਮਾਲਕਾਂ ਨੂੰ ਵਾਪਸ ਕਰ ਦਿੱਤੀ ਸੀ ਹੁਣ ਐੱਸ. ਵਾਈ. ਐੱਲ ਨਹਿਰ ਨਹੀਂ ਹੈ, ਨਾ ਸਾਡੇ ਕੋਲ ਪਾਣੀ ਹੈ।
ਬਾਦਲ ਨੇ ਕਿਹਾ ਕਿ ਭਵਿਖ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਨੂੰ ਜਾਂਦਾ ਪਾਣੀ ਬੰਦ ਕੀਤਾ ਜਾਵੇਗਾ।
ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਖੁਦ ਨਜਾਇਜ਼ ਮਾਈਨਿੰਗ ਕਰਵਾ ਰਹੇ ਹਨ। ਨਾਜ਼ਾਇਜ ਕੰਮ ਰੋਕਣ ਵਾਲੇ ਇਮਾਨਦਾਰ ਅਫਸਰਾਂ ਨੂੰ ਧਮਕੀਆਂ ਦੇਣ ਤੋਂ ਇਲਾਵਾ ਉਨ੍ਹਾਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਸੁਖਬੀਰ ਬਾਦਲ ਨੇ ਬਾਬਾ ਬਕਾਲਾ ਦੇ ਵਿਧਾਇਕ ਦੇ ਨਜ਼ਦੀਕੀ ਰਿਸ਼ਤੇਦਾਰ ਵਲੋ ਕੀਤੀ ਜਾ ਰਹੀ ਨਾਜਾਇਜ ਮਾਈਨਿੰਗ ਦੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ’ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਡਾਕਟਰ ਦਲਜੀਤ ਸਿੰਘ ਚੀਮਾ, ਵਿਧਾਇਕ ਸੁਖਵਿੰਦਰ ਸੁੱਖੀ ਤੇ ਅਨਿਲ ਜੋਸ਼ੀ ਹਾਜ਼ਰ ਸਨ।