
ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ
ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਕਲਸਟਰ ਅਫ਼ਸਰ ਕਿਸਾਨਾਂ ਨਾਲ ਰੱਖਣ ਸਿੱਧਾ ਰਾਬਤਾ : ਸਾਕਸ਼ੀ ਸਾਹਨੀ, "ਕਿਸਾਨਾਂ ਨੂੰ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਲਈ ਕੀਤਾ ਜਾਵੇ ਜਾਗਰੂਕ"
ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਕਲਸਟਰ ਅਫ਼ਸਰ ਕਿਸਾਨਾਂ ਨਾਲ ਰੱਖਣ ਸਿੱਧਾ ਰਾਬਤਾ : ਸਾਕਸ਼ੀ ਸਾਹਨੀ
"ਕਿਸਾਨਾਂ ਨੂੰ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਲਈ ਕੀਤਾ ਜਾਵੇ ਜਾਗਰੂਕ"
ਪਟਿਆਲਾ, 28 ਅਕਤੂਬਰ : ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਦੇ ਸਹੀ ਨਿਪਟਾਰੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਕਲਸਟਰ ਅਫ਼ਸਰ ਕਿਸਾਨਾਂ ਨਾਲ ਸਿੱਧਾ ਰਾਬਤਾ ਰੱਖਣ। ਉਨ੍ਹਾਂ ਕਿਹਾ ਕਿ ਹੁਣ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਤੇ ਕਣਕ ਦੀ ਬਿਜਾਈ ਦਾ ਵੀ ਸਮਾਂ ਹੈ ਇਸ ਲਈ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਵਾਉਣ। ਮੀਟਿੰਗ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਣ ਕਣਕ ਦੀ ਬਿਜਾਈ ਦਾ ਸਮਾਂ ਹੋਣ ਕਰਕੇ ਕਿਸਾਨਾਂ ਨੂੰ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਹੜੇ ਖੇਤਰਾਂ ਵਿੱਚ ਭਾਰੀਆਂ ਜ਼ਮੀਨਾਂ ਹਨ ਉਥੇ ਬੇਲਰ ਨਾਲ ਗੱਠਾਂ ਬਣਾਉਣ ਦਾ ਕੰਮ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਕਲਸਟਰ ਅਫ਼ਸਰ ਆਪਣੇ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਵਟਸਐਪ ਗਰੁੱਪ ਰਾਹੀਂ ਮਸ਼ੀਨਰੀ ਦੀ ਉਪਲਬਧਤਾ ਸਬੰਧੀ ਸੂਚਨਾ ਲਗਾਤਾਰ ਪਹੁੰਚਾਉਣ।
ਉਨ੍ਹਾਂ ਖੇਤੀਬਾੜੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੇਲਰ, ਸੁਪਰ ਸੀਡਰ ਹੈਪੀ ਸੀਡਰ ਮਲਚਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਅਤੇ ਇਸ ਨਾਲ ਹੁੰਦੇ ਵਾਤਾਵਰਣ, ਕਿਸਾਨ ਅਤੇ ਜ਼ਮੀਨ ਦੇ ਫਾਇਦੇ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕਰਨ ਲਈ ਕਿਹਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ।
