
ਹਰਪ੍ਰੀਤ ਕੌਰ ਨੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦਾ ਅਹੁਦਾ ਸੰਭਾਲਿਆ
ਪਟਿਆਲਾ, 15 ਦਸੰਬਰ - ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਨੇ ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਿਆ।
ਪਟਿਆਲਾ, 15 ਦਸੰਬਰ - ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਨੇ ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕਮਲ ਕਿਸ਼ੋਰ ਯਾਦਵ ਦੇ ਅਤਿ ਧੰਨਵਾਦੀ ਹਨ ਜਿਨ੍ਹਾਂ ਨੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਲਈ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਵਿੱਚ ਆਪਣਾ ਪੂਰਾ ਤਾਣ ਲਾਣਗੇ।
ਉਨ੍ਹਾਂ ਹੋਰ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ ਰਹੇਗੀ ਕਿ ਪੰਜਾਬ ਸਰਕਾਰ ਦੀਆਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਸਬੰਧੀ ਚਲਾਈਆਂ ਜਾ ਰਹੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਹੋਰ ਵੀ ਵਧੇਰੇ ਸ਼ਿੱਦਤ ਨਾਲ ਲਾਗੂ ਕਰਨ ਦੇ ਯਤਨ ਕੀਤੇ ਜਾਣ। ਉਹਨਾਂ ਇਹ ਵੀ ਵਾਅਦਾ ਕੀਤਾ ਕਿ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਸਾਹਿਤਕਾਰਾਂ/ਲੇਖਕਾਂ ਨੂੰ ਵਿਭਾਗ ਵੱਲੋਂ ਬਣਦਾ ਸਤਿਕਾਰ ਤੇ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਭਾਸ਼ਾ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਅਲੋਕ ਚਾਵਲਾ, ਅਮਰਿੰਦਰ ਸਿੰਘ, ਤੇਜਿੰਦਰ ਸਿੰਘ ਗਿੱਲ ਤੋਂ ਇਲਾਵਾ ਵਿਭਾਗ ਦੇ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ।
