ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਐਸ ਏ ਐਸ ਨਗਰ, 29 ਦਸੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਜਿਹੜਾ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੋਇਆ।

ਐਸ ਏ ਐਸ ਨਗਰ, 29 ਦਸੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਜਿਹੜਾ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੋਇਆ।

ਨਗਰ ਕੀਰਤਨ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਇਆ। ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਫੁੱਲਾਂ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸਨ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਨੇ ਸਕੂਟਰਾਂ, ਮੋਟਰ ਸਾਈਕਲਾਂ, ਕਾਰਾਂ, ਜੀਪਾਂ, ਟਰੈਕਟਰਾਂ, ਬੱਸਾਂ ਆਦਿ ਰਾਹੀਂ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਨਗਰ ਕੀਰਤਨ ਵਿੱਚ ਫੌਜੀ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਵਾਲਿਆਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲੀਆਂ ਧੁੰਨਾਂ ਵਜਾਈਆਂ ਗਈਆਂ ਅਤੇ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ।

ਇਸ ਦੌਰਾਨ ਰਾਗੀ, ਢਾਡੀ, ਕੀਰਤਨੀ ਜੱਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਰਸਤੇ ਵਿੱਚ ਸੰਗਤਾਂ ਵੱਲੋਂ ਬ੍ਰੈਡ ਪਕੌੜਿਆਂ, ਬਿਸਕੁੱਟ, ਦੁੱਧ, ਕੜਾਹਿ ਪ੍ਰਸ਼ਾਦਿ ਦਾ ਅਤੁੱਟ ਲੰਗਰ ਵਰਤਾਇਆ ਗਿਆ।

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇਸ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਆਉਣ ਵਾਲੀ ਮਿਤੀ 31 ਦਸੰਬਰ ਨੂੰ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਰਾਤ 120 ਵਜੇ ਤੱਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਉਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।