ਪਟਿਆਲਾ ਹੈਰੀਟੇਜ ਫੈਸਟੀਵਲ 2 ਫਰਵਰੀ ਤੋਂ

ਪਟਿਆਲਾ, 29 ਜਨਵਰੀ - 2 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਪਟਿਆਲਾ ਹੈਰੀਟੇਜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੇਲੇ ਦੇ ਇੰਚਾਰਜ ਏ.ਡੀ.ਸੀ. ਅਨੁਪ੍ਰਿਤਾ ਜੌਹਲ ਤੇ ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਧਿਕਾਰੀਆਂ ਨਾਲ ਇੱਕ ਬੈਠਕ ਕਰਕੇ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।

ਪਟਿਆਲਾ, 29 ਜਨਵਰੀ - 2 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਪਟਿਆਲਾ ਹੈਰੀਟੇਜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੇਲੇ ਦੇ ਇੰਚਾਰਜ ਏ.ਡੀ.ਸੀ. ਅਨੁਪ੍ਰਿਤਾ ਜੌਹਲ ਤੇ ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਧਿਕਾਰੀਆਂ ਨਾਲ ਇੱਕ ਬੈਠਕ ਕਰਕੇ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।
ਸਮੂਹ ਪੰਜਾਬੀਆਂ ਤੇ ਖ਼ਾਸ ਕਰਕੇ ਪਟਿਆਲਵੀਆਂ ਨੂੰ ਇਨ੍ਹਾਂ ਸਮਾਗਮਾਂ ਦਾ ਆਨੰਦ ਮਾਣਨ ਲਈ ਖੁੱਲ੍ਹਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ, ਇਸ ਲਈ ਰਾਜ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਵਿਰਾਸਤ ਨੂੰ ਉਭਾਰਨ ਲਈ ਹੈਰੀਟੇਜ ਫੈਸਟੀਵਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 2 ਫਰਵਰੀ ਨੂੰ ਸਵੇਰੇ ਖਾਲਸਾ ਕਾਲਜ ਵਿਖੇ ਪਟਿਆਲਾ ਲਿਟਰੇਚਰ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ ਹੋਵੇਗਾ ਅਤੇ ਸ਼ਾਮ ਨੂੰ ਕਿਲ੍ਹਾ ਮੁਬਾਰਕ ਵਿਖੇ ਸ਼ਾਸਤਰੀ ਸੰਗੀਤ ਦੀ ਸ਼ਾਮ ਵਿੱਚ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਮੀਰਾ 'ਤੇ ਅਧਾਰਤ ਸ਼ਾਸਤਰੀ ਨਾਚ ਬੈਲੇ ਹੋਵੇਗਾ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ ਦੀ ਪੇਸ਼ਕਾਰੀ ਦਿੱਤੀ ਜਾਵੇਗੀ। 3 ਫਰਵਰੀ ਨੂੰ ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸ਼ਾਨਦਾਰ ਪ੍ਰੋਗਰਾਮ ਅਤੇ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਫਰਵਰੀ ਨੂੰ ਸਵੇਰੇ 10 ਵਜੇ ਬਾਰਾਂਦਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਾਰਾਂਦਰੀ ਗਾਰਡਨ ਵਾਕ ਕਰਵਾਈ ਜਾਵੇਗੀ। ਇਸੇ ਸ਼ਾਮ 6 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਗੁਰਨਾਮ ਭੁੱਲਰ ਦਾ ਪੌਪ ਸ਼ੋਅ ਹੋਵੇਗਾ।  10 ਫਰਵਰੀ ਨੂੰ ਹੈਰੀਟੇਜ ਵਾਕ ਤਹਿਤ ਕਿਲ੍ਹਾ ਮੁਬਾਰਕ ਵਿਖੇ ਵਿਰਾਸਤੀ ਸੈਰ ਅਤੇ ਪਟਿਆਲਾ ਹੈਰੀਟੇਜ ਉਤਸਵ ਦੇ ਅਖੀਰ ਵਿੱਚ 11 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਪਟਿਆਲਾ ਕੈਨਲ ਕਲੱਬ ਵੱਲੋਂ 60ਵੇਂ ਤੇ 61ਵੇਂ ਆਲ ਬਰੀਡ ਚੈਂਪਅਨਸ਼ਿਪ ਤਹਿਤ ਡਾਗ ਸ਼ੋਅ ਕਰਵਾਇਆ ਜਾਵੇਗਾ।