ਸੰਜੇ ਸਿੰਘ ਦੀ ਗ੍ਰਿਫ਼ਤਾਰੀ ਖਿਲਾਫ ਆਮ ਆਦਮੀ ਪਾਰਟੀ ਵਰਕਰਾਂ ਨੇ ਕੀਤਾ ਜੋਰਦਾਰ ਪ੍ਰਦਰਸ਼ਨ ਪਾਰਟੀ ਵਰਕਰਾਂ ਨੇ ਚੰਡੀਗੜ੍ਹ ਵਿੱਚ ਭਾਜਪਾ ਦਫਤਰ ਘੇਰਿਆ

ਚੰਡੀਗੜ੍ਹ, 5 ਅਕਤੂਬਰ - ਈ ਡੀ ਵਲੋਂ ਬੀਤੇ ਕੱਲ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਨੇੜੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਇਸ ਧਰਨੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਤੇ ਕਈ ਵਿਧਾਇਕਾਂ ਨੇ ਵੀ ਹਿੱਸਾ ਲਿਆ।

ਚੰਡੀਗੜ੍ਹ, 5 ਅਕਤੂਬਰ - ਈ ਡੀ ਵਲੋਂ ਬੀਤੇ ਕੱਲ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਨੇੜੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਇਸ ਧਰਨੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਤੇ ਕਈ ਵਿਧਾਇਕਾਂ ਨੇ ਵੀ ਹਿੱਸਾ ਲਿਆ।
ਇਸ ਮੌਕੇ ਹੱਥਾਂ ਵਿੱਚ ਤਖ਼ਤੀਆਂ ਤੇ ਝੰਡੇ ਫੜ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭਾਜਪਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜਬਰਦਸਤ ਨਾਹਰੇਬਾਜੀ ਕੀਤੀ ਅਤੇ ਚੰਡੀਗੜ੍ਹ ਸਥਿਤ -ਭਾਰਤੀ ਜਨਤਾ ਪਾਰਟੀ ਦੇ ਦਫਤਰ ਵੱਲ ਮਾਰਚ ਕੀਤਾ। ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਭਾਜਪਾ ਦਫ਼ਤਰ ਵੱਲ ਮਾਰਚ ਕਰਨ ਤੋਂ ਰੋਕਣ ਲਈ ਪੁਲੀਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਸਨ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਚੰਡੀਗੜ੍ਹ ਪੁਲੀਸ ਨਾਲ ਟਕਰਾਓ ਵੀ ਹੋਇਆ ਜਿਸ ਦੌਰਾਨ ਚੰਡੀਗੜ੍ਹ ਪੁਲੀਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਲਾਠੀਚਾਰਜ ਵੀ ਕੀਤਾ ਅਤੇ ਪਾਣੀ ਦੀਆਂ ਵੌਛਾੜਾਂ ਵੀ ਮਾਰੀਆਂ।
ਮਾਰਚ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਸੈਕਟਰ 37 ਵਿੱਚ (ਬਤਰਾ ਥੀਏਟਰ ਨੇੜੇ) ਇਕੱਠੇ ਹੋਏ ਅਤੇ ਫਿਰ ਭਾਜਪਾ ਦਫਤਰ ਵੱਲ ਮਾਰਚ ਕੀਤਾ। ਦਫਤਰ ਦੇ ਨੇੜੇ ਪੁਲੀਸ ਵਲੋਂ ਬੈਰੀਕੇਡਿੰਗ ਕੀਤੀ ਗਈ ਸੀ ਜਿਸ ਕਾਰਨ ਪ੍ਰਦਰਸ਼ਨਕਾਰੀਆਂ ਵਲੋਂ ਸੜਕ ਤੇ ਹੀ ਧਰਨਾ ਦੇ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਬੈਰੀਕੇਡ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ ਗਈ ਜਿਸਤੇ ਕਾਬੂ ਕਰਨ ਲਈ ਚੰਡੀਗੜ੍ਹ ਪੁਲੀਸ ਵਲੋਂ ਤਾਕਤ ਦੀ ਵਰਤੋਂ ਕੀਤੀ ਗਈ ਅਤੇ ਜਦੋਂ ਪ੍ਰਦਰਸ਼ਨਕਾਰੀ ਨਾ ਮੰਨੇ ਤਾਂ ਉਹਨਾਂ ਤੇ ਪਾਣੀ ਦੀਆਂ ਵੌਛਾੜਾਂ ਮਾਰੀਆਂ ਗਈਆਂ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ। ਇਸ ਦੌਰਾਨ ਪੁਲੀਸ ਵਲੋਂ ਪ੍ਰਦਰਸ਼ਕਾਰੀਆਂ ਨੂੰ ਖਿੰਡਾਉਣ ਲਈ ਹਲਕਾ ਲਾਠੀਚਾਰਜ ਵੀ ਕੀਤਾ ਗਿਆ ਜਿਸ ਦੌਰਾਨ ਕਈ ਵਰਕਰਾਂ ਨੂੰ ਹਲਕੀਆਂ ਸੱਟਾਂ ਲੱਗੀਆਂ।
ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਸਮੇਂ ਕਾਂਗਰਸ ਨੇ ਦੇਸ਼ ਵਿੱਚ ਐਮਰਜੈਂਸੀ ਲਗਾਈ ਸੀ ਤੇ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਸੀ। ਉਸ ਤਰ੍ਹਾਂ ਹੁਣ ਭਾਜਪਾ ਵੱਲੋਂ ਅਣ-ਐਲਾਨੀ ਐਮਰਜੈਂਸੀ ਦੇਸ਼ ਵਿੱਚ ਲਗਾਈ ਗਈ ਹੈ ਤੇ ਲੋਕ ਇਨ੍ਹਾਂ ਨੂੰ ਵੀ ਸਬਕ ਜ਼ਰੂਰ ਸਿਖਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਤਾਂ ਹੁਣ ਵੈਂਟੀਲੇਟਰ ਤੇ ਹੈ ਤੇ ਲਗਾਤਾਰ ਆਪਣੇ ਖ਼ਾਤਮੇ ਵੱਲ ਨੂੰ ਜਾ ਰਹੀ ਹੈ।