ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਐਸ ਏ ਐਸ ਨਗਰ, 9 ਅਕਤੂਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਐਸ ਏ ਐਸ ਨਗਰ, 9 ਅਕਤੂਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸੰਬੰਧੀ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਪਰਵੀਨ ਸਿੰਘ ਪ੍ਰੀਤ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੇ ਸੰਨ 1539 ਈ: ਵਿੱਚ ਜੋਤੀ ਜੋਤ ਸਮਾਉਣ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੁਆਰਾ ਸਮੂਹ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰੇ ਉਦਾਸੀਆਂ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂੰ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੁਆਰਾ ਉਚਾਰਨ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਭਾਈ ਕੁਲਵਿੰਦਰ ਸਿੰਘ, ਭਾਈ ਹਰਮਨਜੀਤ ਸਿੰਘ, ਬਾਬਾ ਦੀਪ ਸਿੰਘ ਕਵੀਸ਼ਰੀ ਜੱਥਾ, ਭਾਈ ਬਹਾਦਰ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਬੀਬੀ ਹਰਜਿੰਦਰ ਕੌਰ, ਭਾਈ ਗੁਰਵਿੰਦਰ ਸਿੰਘ, ਹਰਜੱਸ ਕੀਰਤਨੀ ਜੱਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਨਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।